ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਤੈਨਾਤ ਕੀਤੇ ਗਏ ਮਾਸਟਰ ਟਰੇਨਰਾਂ

ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋੜੀਂਦੀ ਜਾਣਕਾਰੀ ਆਮ ਲੋਕਾਂ ਤੱਕ ਪੁੱਜਦੀ ਕਰਨ ਲਈ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਤੈਨਾਤ ਕੀਤੇ ਗਏ ਮਾਸਟਰ ਟਰੇਨਰਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਵਾਇਰਸ ਦੇ ਫੈਲਣ ਬਾਰੇ ਅਤੇ ਇਸ ਤੋਂ ਬਚਾਅ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਅੰਕੁਰ ਮਹਿੰਦਰੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਵਿਚ ਇਸ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ। ਉਨਾਂ ਕਿਹਾ ਕਿ ਅੱਜ ਸਿਖਲਾਈ ਲੈਣ ਵਾਲੇ ਅਧਿਕਾਰੀ, ਕਰਮਚਾਰੀ ਅਤੇ ਸਿੱਖਿਆ ਸੰਸਥਾਵਾਂ ਦੇ ਨੁਮਾਇੰਦੇ ਭਲਕੇ ਆਪੋ-ਆਪਣੇ ਵਿਭਾਗ ਜਾਂ ਸੰਸਥਾ ਵਿਚ ਜਾ ਕੇ ਬਾਕੀ ਸਟਾਫ਼ ਨੂੰ ਇਹ ਸਿਖਲਾਈ ਦੇਣਗੇ। ਇਸ ਦੌਰਾਨ ਸਿਖਲਾਈ ਲੈਣ ਵਾਲਿਆਂ ਨੂੰ ਜਾਗਰੂਕਤਾ ਪੈਂਫਲਿਟ ਵੀ ਵੰਡੇ ਗਏ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਮਾਸਟਰ ਟਰੇਨਰਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਿਖਲਾਈ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ’ਤੇ ਦਿੱਤੀ ਗਈ ਹੈ। ਉਨਾਂ ਕਿਹਾ ਕਿ ਮਿਤੀ 19 ਮਾਰਚ ਤੋਂ ਜ਼ਿਲੇ ਦੇ ਹਰ ਪਿੰਡ ਤੇ ਹਰ ਵਾਰਡ ਵਿਚ ਕੋਰੋਨਾ ਤੋਂ ਬਚਾਅ ਲਈ ਸਿਖਲਾਈ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਜੋ ਆਮ ਲੋਕਾਂ ਨੂੰ ਕੋਰੋਨਾ ਫੈਲਣ ’ਚ ਸਹਾਇਕ ਲੱਛਣਾਂ ਬਾਰੇ ਸੁਚੇਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਕੋਰੋਨਾ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ ਅਤੇ ਇਸ ਨਾਲ ਸਬੰਧਤ ਸਹੀ ਜਾਣਕਾਰੀ ਪ੍ਰਾਪਤ ਕਰਕੇ ਸਹਿਜੇ ਹੀ ਇਸਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਸਬੰਧੀ ਕਿਸੇ ਵੀ ਜਾਣਕਾਰੀ ਲਈ ਨੈਸ਼ਨਲ ਕਾਲ ਸੈਂਟਰ 011-2397 8046 ਜਾਂ ਜ਼ਿਲਾ ਨੋਡਲ ਅਧਿਕਾਰੀ ਡਾ. ਉਪਾਸਨਾ ਬਿੰਦਰਾ ਦੇ ਮੋ: ਨੰਬਰ 97792-38211 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸ੍ਰੀ ਅੰਕੁਰ ਮਹਿੰਦਰੂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀ ਵਰਤਣ ਅਤੇ ਭੀੜ ਵਾਲੀਆਂ ਥਾਂਵਾਂ ’ਤੇ ਬਿਨਾਂ ਕਿਸੇ ਲੋੜ ਤੋਂ ਨਾ ਜਾਣ। ਉਨਾਂ ਕਿਹਾ ਕਿ ਇਸ ਬਿਮਾਰੀ ਤੋਂ ਬਚਣ ਲਈ ਲੋਕਾਂ ਨੂੰ ਆਪਣੇ ਹੱਥ ਸਾਬਣ ਜਾਂ ਹੈਂਡਵਾਸ਼ ਨਾਲ ਥੋੜੇ ਥੋੜੇ ਸਮੇਂ ਬਾਅਦ ਧੋਂਦੇ ਰਹਿਣਾ ਚਾਹੀਦਾ ਹੈ ਅਤੇ ਖੰਘ, ਜ਼ੁਕਾਮ, ਬੁਖ਼ਾਰ, ਗਲਾ ਖ਼ਰਾਬ ਹੋਣ, ਸਿਰ ਦਰਦ, ਦਸਤ ਜਾਂ ਉਲਟੀ ਆਉਣ ’ਤੇ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਅਜਿਹੇ ਕਿਸੇ ਵੀ ਲੱਛਣ ਵਾਲੇ ਵਿਅਕਤੀ ਦੇ ਸੰਪਰਕ ਵਿਚ ਆਉਣ ਤੋਂ ਵੀ ਪ੍ਰਹੇਜ਼ ਕਰਨਾ ਚਾਹੀਦਾ ਹੈ।

Comments