ਸੁਚੇਤ ਕਰਨ ਲਈ ਵਿਆਪਕ ਮੁਹਿੰਮ ਸ਼ੁਰੂ: ਘਨਸ਼ਿਆਮ ਥੋਰੀ

ਜ਼ਿਲ੍ਹਾ ਸੰਗਰੂਰ ਵਿੱਚ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਦੇ ਢੰਗਾਂ ਬਾਰੇ
ਸੰਗਰੂਰ, 19 ਮਾਰਚ:- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਕਰੋਨਾ ਵਾਇਰਸ ਤੋਂ ਬਚਾਅ ਦੇ ਢੰਗਾਂ ਬਾਰੇ ਵਿਆਪਕ ਪੱਧਰ 'ਤੇ ਜਾਗਰੂਕਤਾ ਪੈਦਾ ਕਰਨ ਦੀ ਮੁਹਿੰਮ ਨੂੰ ਜ਼ਿਲ੍ਹਾ ਸੰਗਰੂਰ ਵਿਚ ਜ਼ਮੀਨੀ ਪੱਧਰ 'ਤੇ ਤੇਜ਼ ਕਰਦਿਆਂ ਸਿਖਲਾਈ ਪ੍ਰਾਪਤ ਟੀਮਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿਚ ਲੋਕਾਂ ਨੂੰ ਸੁਚੇਤ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੂਰੇ ਸੰਗਰੂਰ ਜ਼ਿਲ੍ਹੇ ਵਿਚ ਫਿਲਹਾਲ ਕੋਵਿਡ-19 ਬਿਮਾਰੀ ਦਾ ਕੋਈ ਵੀ ਮਰੀਜ਼ ਨਹੀਂ ਮਿਲਿਆ ਪਰ ਜ਼ਿਲ੍ਹਾ ਵਾਸੀਆਂ ਨੂੰ ਇਸ ਤੋਂ ਬਚਣ ਲਈ ਸਾਵਧਾਨੀ ਵਰਤਣੀ ਚਾਹੀਦੀ ਹੈ ਤਾਂ ਜੋ ਇਸ ਤੋਂ ਪੈਦਾ ਹੋਏ ਖ਼ਤਰੇ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਸਪੈਸ਼ਲ ਟੀਮਾਂ ਵੱਲੋਂ ਲਗਾਤਾਰ ਇਸ ਬਿਮਾਰੀ ਨੂੰ ਫੈਲਣ ਦੇ ਖ਼ਤਰੇ ਨੂੰ ਲੈ ਕੇ ਚੌਕਸੀ ਵਰਤੀ ਜਾ ਰਹੀ ਹੈ ਅਤੇ ਇਸ ਦੀ ਮਾਰ ਹੇਠ ਆਏ ਵੱਖ ਵੱਖ ਦੇਸ਼ਾਂ ਦਾ ਦੌਰਾ ਕਰਕੇ ਜ਼ਿਲ੍ਹੇ ਵਿਚ ਪਰਤਣ ਵਾਲੇ ਲੋਕਾਂ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।
ਸ਼੍ਰੀ ਥੋਰੀ ਨੇ ਦੱਸਿਆ ਕਿ ਅੱਜ ਤੋਂ ਪੂਰੇ ਜ਼ਿਲ੍ਹੇ ਵਿਚ ਲੋਕਾਂ ਨੂੰ ਘਰ-ਘਰ ਜਾ ਕੇ ਇਸ ਬਿਮਾਰੀ ਨੂੰ ਫੈਲਣ ਅਤੇ ਰੋਕਣ ਵਿਚ ਸਹਾਈ ਪਹਿਲੂਆਂ ਬਾਰੇ ਜਾਣਕਾਰੀ ਦੇਣ ਦੀ ਮੁਹਿੰਮ ਵਿੱਢ ਦਿੱਤੀ ਗਈ ਹੈ ਅਤੇ ਇਸ ਲਈ ਵਧੀਕ ਡਿਪਟੀ ਕਮਿਸ਼ਨਰ ਤੋਂ ਲੈ ਕੇ ਸਮੂਹ ਐਸ.ਡੀ.ਐਮ. ਆਪੋ-ਆਪਣੇ ਇਲਾਕੇ ਵਿਚ ਸਿਖਲਾਈ ਪ੍ਰਾਪਤ ਟੀਮਾਂ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਤੇ ਅਦਾਰਿਆਂ ਦੇ ਨਾਲ-ਨਾਲ ਸਿੱਖਿਆ ਤੇ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਮਦਦ ਵੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਸਭ ਤੋਂ ਅਹਿਮ ਗੱਲ ਇਸ ਦੇ ਸੰਪਰਕ ਵਿਚ ਆਉਣ ਤੋਂ ਬਚਣਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭੀੜ-ਭੜੱਕੇ ਵਾਲੀਆਂ ਥਾਂਵਾਂ 'ਤੇ ਨਾ ਜਾਣ ਅਤੇ ਧਾਰਮਿਕ ਜਾਂ ਸਮਾਜਿਕ ਸਮਾਗਮਾਂ 'ਚ 50 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਾ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਇਰਸ ਤੋਂ ਨਾ ਘਬਰਾਉਣ ਪਰ ਸੁਚੇਤ ਜ਼ਰੂਰ ਰਹਿਣ। ਉਨ੍ਹਾਂ ਕਿਹਾ ਕਿ ਕਿਹਾ ਕਿ ਕਰੋਨਾ ਵਾਇਰਸ ਦੇ ਲੱਛਣ ਬੁਖਾਰ, ਜੁਕਾਮ, ਖਾਂਸੀ ਅਤੇ ਸਾਹ ਲੈਣ ਵਿਚ ਤਕਲੀਫ ਹੋਣਾ ਹੈ। ਉਨਾਂ ਦੱਸਿਆ ਕਿ ਇਹ ਵਾਇਰਸ ਪ੍ਰਭਾਵਿਤ ਵਿਅਕਤੀ ਦੇ ਖੰਘਣ ਅਤੇ ਛਿੱਕ ਮਾਰਦੇ ਸਮੇਂ ਮੂੰਹ ਵਿਚੋਂ ਨਿਕਲਣ ਵਾਲੀਆਂ ਬੂੰਦਾਂ ਨਾਲ ਦੂਸਰੇ ਵਿਅਕਤੀ ਵਿਚ ਪ੍ਰਵੇਸ਼ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਵਾਇਰਸ ਮਨੁੱਖ ਦੇ ਸਰੀਰ ਤੋਂ ਬਾਹਰ ਕਈ ਘੰਟਿਆਂ ਤੱਕ ਜੀਉਂਦਾ ਰਹਿੰਦਾ ਹੈ, ਇਸ ਲਈ ਖੰਘਣ ਅਤੇ ਛਿੱਕ ਮਾਰਦੇ ਸਮੇ ਮੂੰਹ ਅੱਗੇ ਰੁਮਾਲ ਜਾਂ ਟਿਸ਼ੂ ਪੇਪਰ ਰੱਖਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹੱਥਾਂ ਨੂੰ ਮੂੰਹ ਤੇ ਲਾਉਣ ਤੋਂ ਪਹਿਲਾਂ ਸਾਫ ਪਾਣੀ ਸਾਬਣ ਨਾਲ ਚੰਗੀ ਤਰਾ ਧੋਣਾ ਚਾਹੀਦਾ ਹੈ।
ਇਸ ਮੌਕੇ ਸਿਵਲ ਸਰਜਨ ਡਾ. ਰਾਜ ਕੁਮਾਰ ਨੇ ਦੱਸਿਆ ਕਿ ਮਾਸਕ ਦਾ ਪ੍ਰਯੋਗ ਜ਼ੁਕਾਮ, ਬੁਖਾਰ ਜਾਂ ਸਾਹ ਦੀ ਤਕਲੀਫ਼ ਆਉਣ 'ਤੇ ਹੀ ਕੀਤਾ ਜਾਣਾ ਜ਼ਰੂਰੀ ਹੈ ਜਾਂ ਫਿਰ ਵਾਇਰਸ ਦੇ ਲੱਛਣਾਂ ਤੋਂ ਪੀੜਤ ਵਿਅਕਤੀ ਕੋਲ ਜਾਣ ਸਮੇਂ ਵਰਤਣਾ ਚਾਹੀਦਾ ਹੈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਲਤੂ ਅਤੇ ਜੰਗਲੀ ਜਾਨਵਰਾਂ ਨਾਲ ਅਸੁਰੱਖਿਅਤ ਸੰਪਰਕ ਰੱਖਣ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੇ ਟੋਲ ਫਰੀ ਹੈਲਪ ਲਾਈਨ ਨੰਬਰ 104 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

Comments